July 27, 2026

ਸਿਵਲ ਹਸਪਤਾਲ ਬਰਨਾਲਾ ਵਿੱਚ ਜ਼ਖ਼ਮੀ ਸਫਾਈ ਕਰਮਚਾਰੀਆਂ ਦਾ ਹਾਲ-ਚਾਲ ਪੁੱਛਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ

ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ-ਸੁਖਬੀਰ ਬਾਦਲ

ਬਰਨਾਲਾ: ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਸਿਵਲ ਹਸਪਤਾਲ ਬਰਨਾਲਾ ਵਿੱਚ ਇਲਾਜ ਅਧੀਨ ਜ਼ਖ਼ਮੀ ਸਫਾਈ ਕਰਮਚਾਰੀਆਂ ਦਾ ਹਾਲ-ਚਾਲ ਪੁੱਛਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਇਨਸਾਫ਼ ਕਰਨ ਦੀ ਬਜਾਏ ਉਨ੍ਹਾਂ ‘ਤੇ ਜ਼ੁਲਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਪੁਲਿਸ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਜੇਕਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸੰਬੰਧਤ ਡੀਐਸਪੀ ਅਤੇ ਐਸਐਚਓ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਹੀ ਅਧਿਕਾਰੀ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਦੌਰਾਨ ਵੀ ਧੱਕੇਸ਼ਾਹੀ ਅਤੇ ਧਾਂਧਲੀ ਵਿੱਚ ਸ਼ਾਮਲ ਰਹੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹਜ਼ਾਰਾਂ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਕਰੀਬ 9 ਹਜ਼ਾਰ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਸੀ, ਜਦਕਿ ਬਾਅਦ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਭਲਾਈ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ।

ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸਾਰੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਹਰ ਪਰਿਵਾਰ ਨੂੰ 50 ਕਿਲੋ ਕਣਕ ਦਿੱਤੀ ਜਾਵੇਗੀ ਅਤੇ ਹਰ ਲੜਕੀ ਨੂੰ ਵਿਆਹ ਸਮੇਂ ਸ਼ਗਨ ਸਕੀਮ ਤਹਿਤ ਇੱਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਇਸ ਮੌਕੇ ਹਲਕਾ ਇੰਚਾਰਜ ਕੁਲਵੰਤ ਸਿੰਘ ਕਾਂਤਾ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਐਡਵੋਕੇਟ ਸਤਨਾਮ ਸਿੰਘ ਰਾਹੀ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੰਜੀਵ ਸ਼ੋਰੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਅਤੇ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *