–ਸੋਸ਼ਲ ਮੀਡੀਆ ‘ਤੇ ਨਸ਼ੇ ਨਾਲ ਮੌਤ ਦੇ ਦਾਅਵੇ ਵਾਇਰਲ, ਪੁਲਿਸ ਨੇ ਪੋਸਟਮਾਰਟਮ ਰਿਪੋਰਟ ਦੀ ਕੀਤੀ ਉਡੀਕ –ਥਾਣਾ ਰਣਜੀਤ
–ਸੋਸ਼ਲ ਮੀਡੀਆ ‘ਤੇ ਨਸ਼ੇ ਨਾਲ ਮੌਤ ਦੇ ਦਾਅਵੇ ਵਾਇਰਲ, ਪੁਲਿਸ ਨੇ ਪੋਸਟਮਾਰਟਮ ਰਿਪੋਰਟ ਦੀ ਕੀਤੀ ਉਡੀਕ
–ਥਾਣਾ ਰਣਜੀਤ ਐਵਨਿਊ ਦੇ ਅਧਿਕਾਰੀ ਰੋਬਿਨ ਹੰਸ ਨੇ ਕਿਹਾ—ਤੱਥਾਂ ਦੇ ਆਧਾਰ ‘ਤੇ ਹੋਵੇਗੀ ਕਾਰਵਾਈ
ਅੰਮ੍ਰਿਤਸਰ 07 ਅਗਸਤ-(ਲਲਿਤ)-ਵਿੱਚ ਇੱਕ ਕਰੀਬ 35 ਸਾਲਾ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਸ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ। ਹਾਲਾਂਕਿ ਪੁਲਿਸ ਨੇ ਕਿਹਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਰਣਜੀਤ ਐਵਨਿਊ ਦੇ ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਉਨ੍ਹਾਂ ਦੇ ਧਿਆਨ ਵਿੱਚ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਉਮਰ ਲਗਭਗ 35 ਸਾਲ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਵੀ ਮਿਲੇ ਹਨ, ਜਿਸ ਕਾਰਨ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਨਤੀਜੇ ‘ਤੇ ਪਹੁੰਚਣ ਤੋਂ ਪਹਿਲਾਂ ਵਿਗਿਆਨਕ ਸਬੂਤਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਦੂਜੇ ਪਾਸੇ, ਵਾਇਰਲ ਵੀਡੀਓ ਬਣਾਉਣ ਵਾਲੀ ਇੱਕ ਮਹਿਲਾ ਨੇ ਦਾਅਵਾ ਕੀਤਾ ਹੈ ਕਿ ਇਹ ਇਲਾਕੇ ਵਿੱਚ ਨਸ਼ੇ ਕਾਰਨ ਹੋਈ ਚੌਥੀ ਮੌਤ ਹੈ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ ਵੀ ਕਈ ਨੌਜਵਾਨ ਨਸ਼ੇ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਮਹਿਲਾ ਨੇ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ‘ਤੇ ਵੀ ਸਵਾਲ ਖੜ੍ਹੇ ਕੀਤੇ।
ਰੋਬਿਨ ਹੰਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਵੇਚਣ ਜਾਂ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਜਾਂ ਸਰਕਾਰ ਦੇ ‘ਸੇਫ ਪੰਜਾਬ’ ਪੋਰਟਲ ਰਾਹੀਂ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਵੇਗੀ।