ਰੰਗਦਾਰੀ ਲਈ ਕਾਰੋਬਾਰੀਆਂ ਦੀਆਂ ਦੁਕਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਤਿੰਨ ਗ੍ਰਿਫ਼ਤਾਰ
ਪਿਸਤੌਲ ਤੇ ਵਾਰਦਾਤ ’ਚ ਵਰਤੀ ਮੋਟਰਸਾਈਕਲ ਬਰਾਮਦ
ਬਟਾਲਾ, ਬਟਾਲਾ ਪੁਲਿਸ ਨੇ ਕਾਰੋਬਾਰੀਆਂ ਤੋਂ ਰੰਗਦਾਰੀ ਮੰਗਣ ਅਤੇ ਉਨ੍ਹਾਂ ਦੀਆਂ ਦੁਕਾਨਾਂ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਘੁਮਾਣ ਥਾਣਾ ਅਧੀਨ ਪੈਂਦੇ ਪਿੰਡ ਟਕਾਪੁਰ-ਬੋਲੇਵਾਲ ਨੇੜੇ ਪੁਲਿਸ ਅਤੇ ਇਕ ਮੁਲਜ਼ਮ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿਚ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਹੈ।

ਐੱਸ.ਐੱਸ.ਪੀ. ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਵਲੋਂ ਪਹਿਲਾਂ ਕਾਰੋਬਾਰੀਆਂ ਨੂੰ ਫੋਨ ਕਰਕੇ ਰੰਗਦਾਰੀ ਦੀ ਮੰਗ ਕੀਤੀ ਗਈ ਅਤੇ ਬਾਅਦ ਵਿਚ ਉਨ੍ਹਾਂ ਦੀਆਂ ਦੁਕਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਰੰਗੜ ਨੰਗਲ ਵਿਖੇ ਕਰਿਆਨਾ ਸਟੋਰ, ਜਵੈਲਰ ਦੀ ਦੁਕਾਨ ਅਤੇ ਮੈਡੀਕਲ ਸਟੋਰ ’ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਪੁਲਿਸ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਐੱਸ.ਐੱਸ.ਪੀ. ਨੇ ਦੱਸਿਆ ਕਿ ਪਿੰਡ ਅੰਮੋਨੰਗਲ ਵਿਖੇ ਕਰਿਆਨਾ ਦੁਕਾਨ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਆਕਾਸ਼ਦੀਪ ਸਿੰਘ ਅਤੇ ਸਤਿੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਆਕਾਸ਼ਦੀਪ ਸਿੰਘ ਨੇ ਦੱਸਿਆ ਕਿ ਵਾਰਦਾਤ ਵਿਚ ਵਰਤੀ ਗਈ ਮੋਟਰਸਾਈਕਲ ਲੁਕਾ ਕੇ ਰੱਖੀ ਹੋਈ ਹੈ।
ਪੁਲਿਸ ਜਦੋਂ ਆਕਾਸ਼ਦੀਪ ਸਿੰਘ ਨੂੰ ਮੋਟਰਸਾਈਕਲ ਦੀ ਬਰਾਮਦਗੀ ਲਈ ਘੁਮਾਣ ਥਾਣਾ ਅਧੀਨ ਪੈਂਦੇ ਪਿੰਡ ਟਕਾਪੁਰ-ਬੋਲੇਵਾਲ ਨੇੜੇ ਲੈ ਕੇ ਗਈ ਤਾਂ ਮੁਲਜ਼ਮ ਨੇ ਉਥੇ ਲੁਕਾ ਕੇ ਰੱਖੇ ਪਿਸਤੌਲ ਨਾਲ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਪੁਲਿਸ ਵਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਆਕਾਸ਼ਦੀਪ ਸਿੰਘ ਦੀ ਲੱਤ ਵਿਚ ਗੋਲੀ ਲੱਗ ਗਈ ਅਤੇ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਉਸ ਕੋਲੋਂ ਇਕ ਪਿਸਤੌਲ ਅਤੇ ਵਾਰਦਾਤ ਵਿਚ ਵਰਤੀ ਮੋਟਰਸਾਈਕਲ ਬਰਾਮਦ ਕੀਤੀ ਹੈ।
ਇਸੇ ਤਰ੍ਹਾਂ ਬਟਾਲਾ ਵਿਖੇ ਜਵੈਲਰ ਦੀ ਦੁਕਾਨ ਅਤੇ ਮੈਡੀਕਲ ਸਟੋਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਆਕਾਸ਼ਦੀਪ ਸਿੰਘ ਅਤੇ ਜਸਬੀਰ ਸਿੰਘ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਨੇ ਆਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।