July 27, 2026

–ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਪਾਰ ਹਥਿਆਰ ਤੇ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼

—ਡਰੋਨ ਰਾਹੀਂ ਪਾਕਿਸਤਾਨ ਤੋਂ ਆਉਂਦੀ ਸੀ ਖੇਪ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ: ਪੁਲਿਸ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ .30 ਬੋਰ ਪਿਸਤੌਲ, 2.015 ਕਿਲੋ ਹੈਰੋਇਨ, ₹5 ਲੱਖ ਦੀ ਡਰੱਗ ਮਨੀ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਇੱਕ ਵੱਡੀ ਸਫ਼ਲਤਾ ਹੈ। ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਸਰਹੱਦ ਪਾਰ ਬੈਠੇ ਸਮੱਗਲਰਾਂ ਅਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਰਾਹੀਂ ਭੇਜੀਆਂ ਗਈਆਂ ਖੇਪਾਂ ਨੂੰ ਇਕੱਠਾ ਕਰਕੇ ਅੱਗੇ ਸਪਲਾਈ ਕਰਦਾ ਸੀ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿੱਟੂ ਕੁਮਾਰ ਭਈਆ , ਸਾਹਿਬ ਸਿੰਘ, ਸੰਜੀਵ ਨੰਨੂ ਅਤੇ ਸੰਦੀਪ ਸੈਣੀ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਬਿੱਟੂ ਕੁਮਾਰ ਭਈਆ ਖ਼ਿਲਾਫ਼ ਪਹਿਲਾਂ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਹੁਣ ਇਸ ਪੂਰੇ ਸਮੱਗਲਿੰਗ ਰੈਕੇਟ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੇ ਨਾਲ-ਨਾਲ ਇਸ ਦੇ ਮਾਲੀ ਨੈੱਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਾਲ ਜੁੜੇ ਹਰ ਵਿਅਕਤੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਛੋਟੇ-ਮੋਟੇ ਲਾਲਚ ਵਿੱਚ ਆ ਕੇ ਅੰਤਰਰਾਸ਼ਟਰੀ ਨਸ਼ਾ ਅਤੇ ਹਥਿਆਰ ਤਸਕਰੀ ਰੈਕੇਟਾਂ ਦਾ ਹਿੱਸਾ ਨਾ ਬਣਨ, ਸਗੋਂ ਮਿਹਨਤ ਅਤੇ ਇਮਾਨਦਾਰੀ ਦਾ ਰਸਤਾ ਅਪਣਾਉਣ।

ਬਾਈਟ: ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ

Leave a Reply

Your email address will not be published. Required fields are marked *