ਕਾਰ ਸਵਾਰ ਨਸ਼ਾ ਤਸਕਰਾਂ ਕੋਲੋਂ 312 ਗ੍ਰਾਮ ਹੈਰੋਇਨ ਬਰਾਮਦ
ਬਠਿੰਡਾ: ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ-1 ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਰ ਸਵਾਰ ਦੋ ਕਥਿਤ ਨਸ਼ਾ ਤਸਕਰਾਂ ਨੂੰ 312 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਕੁਝ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਏ ਸਨ।
ਜਾਣਕਾਰੀ ਅਨੁਸਾਰ ਸੀਆਈਏ-1 ਦੀ ਟੀਮ ਗਸ਼ਤ ਦੌਰਾਨ ਸ਼ੱਕ ਦੇ ਆਧਾਰ ‘ਤੇ ਕਾਰ ਨੰਬਰ HR-26CE-3501 ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਾਰ ਵਿੱਚੋਂ 312 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਕਾਰ ਵਿੱਚ ਸਵਾਰ ਗੁਰਜੀਤ ਸਿੰਘ ਉਰਫ਼ ਹਰੀ ਵਾਸੀ ਲਹਿਰਾ ਖਾਨਾ (ਬਠਿੰਡਾ) ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ਮਹਿਰਾਜ ਰੋਡ, ਰਾਮਪੁਰਾ ਫੂਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਰਹਿ ਚੁੱਕੇ ਹਨ। ਗੁਰਜੀਤ ਸਿੰਘ ਖ਼ਿਲਾਫ਼ ਐਨਡੀਪੀਐੱਸ ਐਕਟ ਸਮੇਤ ਤਿੰਨ ਮਾਮਲੇ ਦਰਜ ਹਨ, ਜਦਕਿ ਸੁਖਵਿੰਦਰ ਸਿੰਘ ਖ਼ਿਲਾਫ਼ ਆਰਮਜ਼ ਐਕਟ ਤਹਿਤ ਦੋ ਕੇਸ ਦਰਜ ਹਨ।
ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਇਸ ਸਾਲ ਜਨਵਰੀ ਮਹੀਨੇ ਵਿੱਚ ਕਪੂਰਥਲਾ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਏ ਸਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦੋਵਾਂ ਨੇ ਮੁੜ ਕਥਿਤ ਤੌਰ ‘ਤੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ ਸੀ।
ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ। ਪੁਲਿਸ ਨੇ ਹੈਰੋਇਨ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
