September 8, 2026
WhatsApp Image 2026 07 30 at 19.08.59

ਕਿਹਾ– ਪੰਜਾਬ ਵਿੱਚ ਗੁੰਡਾ ਤੇ ਜੰਗਲ ਰਾਜ, ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ

ਗੁਰਦਾਸਪੁਰ, 30 ਜੁਲਾਈ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਕਾਦੀਆਂ ਦੇ ਪਿੰਡ ਨਿਮਾਣਾ ਵਿੱਚ ਬੀਤੇ ਦਿਨ ਹੋਈ ਗੋਲੀਬਾਰੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹੋਏ ਹਮਲੇ ਵਿੱਚ ਜ਼ਖ਼ਮੀ ਹੋਏ ਕਾਂਗਰਸੀ ਆਗੂ ਰਾਜਪਾਲ ਮਸੀਹ ਅਤੇ ਜਤਿੰਦਰ ਮਸੀਹ ਦਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਹਾਲ-ਚਾਲ ਪੁੱਛਿਆ।

ਇਸ ਤੋਂ ਬਾਅਦ ਬਾਜਵਾ ਪਿੰਡ ਭੈਣੀ ਪਸਵਾਲ ਵੀ ਪਹੁੰਚੇ, ਜਿੱਥੇ ਨਗਰ ਕੌਂਸਲ ਕਾਦੀਆਂ ਦੀ ਚੋਣ ਦੌਰਾਨ ਕਾਂਗਰਸੀ ਆਗੂ ਅਤੇ ਸਰਪੰਚ ਜਸਪਾਲ ਸਿੰਘ ਨਾਲ ਹੋਈ ਵਧੀਕੀ ਸਬੰਧੀ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੱਗਾਂ ਉਤਾਰਨ ਅਤੇ ਧੱਕੇਸ਼ਾਹੀ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਗੁੰਡਾ ਅਤੇ ਜੰਗਲ ਰਾਜ ਚੱਲ ਰਿਹਾ ਹੈ, ਜਿਸ ਕਾਰਨ ਕਾਂਗਰਸੀ ਆਗੂਆਂ ਅਤੇ ਵਰਕਰਾਂ ‘ਤੇ ਲਗਾਤਾਰ ਕਾਤਲਾਨਾ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਬਣ ਚੁੱਕੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਬਾਜਵਾ ਨੇ ਸਰਕਾਰ ‘ਤੇ ਨਾਜਾਇਜ਼ ਮਾਈਨਿੰਗ ਨੂੰ ਸਿਆਸੀ ਸਰਪ੍ਰਸਤੀ ਦੇਣ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ-ਪਠਾਨਕੋਟ ਖੇਤਰ ਵਿੱਚ ਵੱਡੇ ਪੱਧਰ ‘ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਜਿਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲਗਭਗ 78 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਭ੍ਰਿਸ਼ਟਾਚਾਰ, ਨਾਜਾਇਜ਼ ਮਾਈਨਿੰਗ ਅਤੇ ਗੁੰਡਾਗਰਦੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

WhatsApp Image 2026 07 30 at 19.08.59 1

ਇਸ ਮੌਕੇ ਸਰਪੰਚ ਗਗਨਦੀਪ ਸਿੰਘ ਨਿਮਾਣਾ, ਜ਼ਿਲ੍ਹਾ ਪਰਿਸ਼ਦ ਮੈਂਬਰ ਭੁਪਿੰਦਰ ਸਿੰਘ, ਮਨਦੀਪ ਸਿੰਘ ਮੰਨਾ, ਲਖਵਿੰਦਰ ਸਿੰਘ ਛਿੱਛਰਾ, ਬੈਨੀਅਨ ਮਸੀਹ, ਰਵਿੰਦਰ ਮਸੀਹ, ਲਖਵਿੰਦਰ ਸਿੰਘ ਲੱਖਾ, ਕੁਲਦੀਪ ਸਿੰਘ ਪੰਚ, ਬਿਕਰਮਜੀਤ ਸਿੰਘ, ਓਕਾਰ ਸਿੰਘ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *

Related News