July 27, 2026

ਦੁਬਈ ਤੋਂ ਚੱਲ ਰਿਹਾ ਸੀ ਨਸ਼ਾ ਤਸਕਰੀ ਦਾ ਨੈੱਟਵਰਕ, ਪਾਕਿਸਤਾਨ ਤੋਂ ਡਰੋਨ ਰਾਹੀਂ ਆਉਂਦੀ ਸੀ ਹੈਰੋਇਨ

ਅੰਮ੍ਰਿਤਸਰ, 27 ਜੁਲਾਈ(ਬਿਊਰੋ) ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਏ ਜਾ ਰਹੇ ਆਪ੍ਰੇਸ਼ਨ ਪ੍ਰਹਾਰ 4.0 ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 19 ਕਿਲੋ ਹੈਰੋਇਨ, ਦੋ ਵਿਦੇਸ਼ੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਸਬੰਧੀ ਤਿੰਨ ਵੱਖ-ਵੱਖ ਕੇਸ ਦਰਜ ਕਰਕੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਕਈ ਹੋਰ ਸ਼ੱਕੀ ਵਿਅਕਤੀ ਪੁਲਿਸ ਦੇ ਰਾਡਾਰ ‘ਤੇ ਹਨ।

ਵੀਡੀਓ–ਅਮ੍ਰਿਤੱਸਰ ਪੁਲਿਸ ਦੇ ਨਾਲ ਆਰੋਪੀ

ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ 21 ਅਤੇ 22 ਜੁਲਾਈ ਨੂੰ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਮਿਲੇ ਇਨਪੁਟਾਂ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਇਹ ਵੱਡੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਘਰਿੰਡਾ ਖੇਤਰ ਤੋਂ 9 ਕਿਲੋ ਅਤੇ ਥਾਣਾ ਲੋਪੋਕੇ ਖੇਤਰ ਤੋਂ 10 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਨਾਲ ਕੁੱਲ ਬਰਾਮਦਗੀ 19 ਕਿਲੋ ਹੋ ਗਈ। ਉਨ੍ਹਾਂ ਕਿਹਾ ਕਿ ਡੀਐਸਪੀ ਰਾਜਾ ਸੰਸੀ, ਡੀਐਸਪੀ ਅਟਾਰੀ ਅਤੇ ਪੁਲਿਸ ਟੀਮਾਂ ਨੇ ਤਕਨੀਕੀ ਜਾਂਚ, ਖੁਫੀਆ ਸੂਚਨਾਵਾਂ ਅਤੇ ਲਗਾਤਾਰ ਪੁੱਛਗਿੱਛ ਦੇ ਆਧਾਰ ‘ਤੇ ਇਸ ਸਫਲਤਾ ਨੂੰ ਅੰਜਾਮ ਦਿੱਤਾ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਪਹਿਲਾਂ ਤੋਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ। ਐਸਐਸਪੀ ਨੇ ਦੱਸਿਆ ਕਿ ਇੱਕ ਮੁਲਜ਼ਮ ਜਸਪ੍ਰੀਤ ਕੌਰ ਦੇ ਪਰਿਵਾਰ ਦੇ ਕਈ ਮੈਂਬਰਾਂ ਖ਼ਿਲਾਫ਼ ਪਹਿਲਾਂ ਹੀ ਅਪਰਾਧਿਕ ਕੇਸ ਦਰਜ ਹਨ, ਜਦਕਿ ਪਰਿਵਾਰ ਦਾ ਇੱਕ ਮੈਂਬਰ ਅਜੇ ਵੀ ਭਗੌੜਾ ਹੈ। ਪੁਲਿਸ ਹੁਣ ਇਸ ਪੂਰੇ ਪਰਿਵਾਰਕ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਮਹਾਂਵੀਰ ਸਿੰਘ ਅਤੇ ਆਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਨ੍ਹਾਂ ਦਾ ਰਿਸ਼ਤੇਦਾਰ ਕਰਨ, ਜੋ ਪਹਿਲਾਂ 40 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਵੀ ਨਾਮਜ਼ਦ ਹੈ, ਇਸ ਨੈੱਟਵਰਕ ਨਾਲ ਜੁੜਿਆ ਹੋਇਆ ਹੈ। ਪੁਲਿਸ ਮੁਤਾਬਕ ਇਹ ਪੂਰਾ ਨੈੱਟਵਰਕ ਦੁਬਈ ਤੋਂ ਚਲਾਇਆ ਜਾ ਰਿਹਾ ਸੀ, ਜਿੱਥੋਂ ਸੋਸ਼ਲ ਮੀਡੀਆ ਅਤੇ ਹੋਰ ਡਿਜ਼ੀਟਲ ਮਾਧਿਅਮਾਂ ਰਾਹੀਂ ਹਦਾਇਤਾਂ ਦਿੱਤੀਆਂ ਜਾਂਦੀਆਂ ਸਨ। ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਲੋਕੇਸ਼ਨ ਸਾਂਝੀ ਕਰਕੇ ਉਸ ਨੂੰ ਚੁੱਕਣ ਅਤੇ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾਈ ਜਾਂਦੀ ਸੀ। ਪੁਲਿਸ ਨੇ ਕਰਨ ਨੂੰ ਭਾਰਤ ਲਿਆਉਣ ਲਈ ਐਕਸਟਰਡੀਸ਼ਨ ਦੀ ਕਾਨੂੰਨੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਇੱਕ ਹੋਰ ਕਾਰਵਾਈ ਦੌਰਾਨ ਫਿਰੋਜ਼ਪੁਰ ਦੇ ਕੁਲਦੀਪ ਅਤੇ ਬੰਟੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਵਿਦੇਸ਼ੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਇਸ ਮਾਮਲੇ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਵੀ ਜਾਂਚ ਕਰ ਰਹੀ ਹੈ।

ਐਸਐਸਪੀ ਚਾਹਲ ਨੇ ਦੱਸਿਆ ਕਿ ਇੰਡੋਨੇਸ਼ੀਆ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਅਦਾਲਤ ਨੇ ਅੱਠ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਮਿਲਣ ਵਾਲੀ ਹਰ ਮਹੱਤਵਪੂਰਨ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋਬਨਜੀਤ ਬਿੱਲਾ ਖ਼ਿਲਾਫ਼ ਅੰਮ੍ਰਿਤਸਰ ਦਿਹਾਤੀ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਗੰਭੀਰ ਕੇਸ ਦਰਜ ਹਨ ਅਤੇ ਪੁੱਛਗਿੱਛ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *