–11 ਸਾਲ ਪਹਿਲਾਂ ਬਿਹਤਰ ਭਵਿੱਖ ਲਈ ਗਿਆ ਸੀ ਵਿਦੇਸ਼ -ਮੈਲਬੋਰਨ ’ਚ ਅਣਪਛਾਤੇ ਵਾਹਨ ਦੀ ਟੱਕਰ ਨਾਲ 36 ਸਾਲਾ
–11 ਸਾਲ ਪਹਿਲਾਂ ਬਿਹਤਰ ਭਵਿੱਖ ਲਈ ਗਿਆ ਸੀ ਵਿਦੇਸ਼
-ਮੈਲਬੋਰਨ ’ਚ ਅਣਪਛਾਤੇ ਵਾਹਨ ਦੀ ਟੱਕਰ ਨਾਲ 36 ਸਾਲਾ ਸਨੇਹ ਪਾਲ ਸਿੰਘ ਦੀ ਮੌਤ
ਬਟਾਲਾ, 9 ਅਗਸਤ –: ਆਸਟ੍ਰੇਲੀਆ ਦੇ ਮੈਲਬੋਰਨ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਬਟਾਲਾ ਦੇ ਅਰਬਨ ਅਸਟੇਟ ਵਾਸੀ 36 ਸਾਲਾ ਸਨੇਹ ਪਾਲ ਸਿੰਘ ਦੀ ਮੌਤ ਹੋ ਗਈ। ਸਨੇਹ ਪਾਲ ਸਿੰਘ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ 11 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ਵਿੱਚ ਆਸਟ੍ਰੇਲੀਆ ਗਿਆ ਸੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਘਰ ਵਿੱਚ ਮਾਤਮ ਛਾ ਗਿਆ।

ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਮੈਲਬੋਰਨ ਵਿਖੇ ਸਨੇਹ ਪਾਲ ਸਿੰਘ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸ ਦੌਰਾਨ ਪਿੱਛੋਂ ਆਏ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਨੇਹ ਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਨੇਹ ਪਾਲ ਕਰੀਬ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਅਤੇ ਉੱਥੇ ਰਹਿ ਕੇ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਇਕਲੌਤਾ ਪੁੱਤਰ ਹੋਣ ਕਾਰਨ ਉਹ ਆਪਣੇ ਮਾਂ-ਬਾਪ ਦੇ ਬੇਹੱਦ ਕਰੀਬ ਸੀ। ਪਰਿਵਾਰ ਨੂੰ ਉਸ ਤੋਂ ਵੱਡੀਆਂ ਉਮੀਦਾਂ ਸਨ। ਉਸ ਦੀ ਅਚਾਨਕ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ।

ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਨੂੰ ਬਿਹਤਰ ਭਵਿੱਖ ਲਈ ਵਿਦੇਸ਼ ਭੇਜਿਆ ਸੀ, ਉਹ ਹੁਣ ਉਨ੍ਹਾਂ ਦੇ ਵਿਚਕਾਰ ਨਹੀਂ ਰਿਹਾ। ਸਨੇਹ ਪਾਲ ਦੀ ਮੌਤ ਦੀ ਖ਼ਬਰ ਤੋਂ ਬਾਅਦ ਰਿਸ਼ਤੇਦਾਰ ਅਤੇ ਜਾਣਕਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਘਰ ਪਹੁੰਚ ਰਹੇ ਹਨ।
ਇਸ ਦੌਰਾਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਆਗੂ ਅਮਨਦੀਪ ਸਿੰਘ ਜੈਂਤੀਪੁਰ ਨੇ ਘਸੀਟਪੁਰ ਵਿਖੇ ਮ੍ਰਿਤਕ ਦੇ ਸਹੁਰੇ ਸੁਖਦੇਵ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਰਿਵਾਰ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਰਿਵਾਰ ਵੱਲੋਂ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ।