ਬਟਾਲਾ: ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (ਐੱਸ.ਆਈ.ਆਰ.-2026) ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਕਰਨ ‘ਤੇ ਸੈਕਟਰ ਨੰਬਰ-8 ਦੇ ਸੈਕਟਰ ਅਫ਼ਸਰ ਸਰਦਾਰ ਜਸਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਬੂਥ ਲੈਵਲ ਅਫ਼ਸਰਾਂ (ਬੀਐਲਓ) ਨੂੰ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈਆਰਓ) ਤੇ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਸਰਦਾਰ ਗੁਰਸਿਮਰਨ ਸਿੰਘ ਬਾਜਵਾ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਈਆਰਓ ਗੁਰਸਿਮਰਨ ਸਿੰਘ ਬਾਜਵਾ ਨੇ ਦੱਸਿਆ ਕਿ ਸੈਕਟਰ ਨੰਬਰ-8 ਨੇ ਹਲਕਾ ਬਟਾਲਾ ਵਿੱਚ ਸਭ ਤੋਂ ਪਹਿਲਾਂ ਘਰ-ਘਰ ਸਰਵੇਖਣ ਅਤੇ ਐਨਿਊਮੇਰੇਸ਼ਨ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦਾ ਕੰਮ ਸਮੇਂ ਸਿਰ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸੈਕਟਰ ਅਫ਼ਸਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਪੂਰੀ ਮਿਹਨਤ, ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜੋ ਹੋਰਨਾਂ ਲਈ ਵੀ ਪ੍ਰੇਰਣਾ ਸਰੋਤ ਹੈ।
ਉਨ੍ਹਾਂ ਸੈਕਟਰ ਅਫ਼ਸਰ ਜਸਬੀਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਹੈ ਅਤੇ ਉਹ ਪ੍ਰਸ਼ੰਸਾ ਦੇ ਹੱਕਦਾਰ ਹਨ।
ਇਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਬੀਐਲਓ ਪ੍ਰਵੀਣ ਕੁਮਾਰੀ, ਲਕਸ਼ਮੀ ਦੇਵੀ, ਸੌਰਵ ਸ਼ਰਮਾ, ਜਗਦੀਪ, ਪਵਨ, ਸਤਿੰਦਰ ਪਾਲ ਸਿੰਘ, ਗੁਰਪ੍ਰਤਾਪ ਸਿੰਘ, ਮੰਜੀਤ ਸਿੰਘ, ਜਤਿੰਦਰ ਸਿੰਘ ਅਤੇ ਸੁਮਿਤ ਕੁਮਾਰ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਹਾਜ਼ਰ ਅਧਿਕਾਰੀਆਂ ਨੇ ਸਨਮਾਨਿਤ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਇਮਾਨਦਾਰੀ ਨਾਲ ਚੋਣਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ।