September 23, 2026
IMG 20260912 WA0026

ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ; ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜੇ ਵਿਸ਼ੇਸ਼ ਜਲੌ

ਅੰਮ੍ਰਿਤਸਰ, 12 ਸਤੰਬਰ (ਬਿਊਰੋ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸ਼ਰਧਾਲੂਆਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

img 20260912 wa00252252420887166734268
ਅਲੌਕਿਕ ਦਰਸ਼ਨ ਪਹੁੰਚੀਆਂ ਸੰਗਤਾਂ

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਵਿਸ਼ੇਸ਼ ਜਲੌ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਪਰਿਸਰ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਦੀਪਮਾਲਾ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ, ਜਿਸ ਨੇ ਰਾਤ ਸਮੇਂ ਅਲੌਕਿਕ ਦ੍ਰਿਸ਼ ਪੇਸ਼ ਕੀਤਾ।

img 20260912 wa00244542275205675802193

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਅਤੇ ਰਸਤਿਆਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨਾਲ ਕਥਾ-ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਸਿੱਖ ਜੀਵਨ ਦਾ ਆਧਾਰ ਹੈ। ਹਰ ਸਿੱਖ ਦਾ ਫਰਜ਼ ਹੈ ਕਿ ਉਹ ਗੁਰਬਾਣੀ ਵਿਚ ਦਰਸਾਏ ਮਾਰਗ ‘ਤੇ ਚੱਲਦਿਆਂ ਆਪਣਾ ਜੀਵਨ ਬਤੀਤ ਕਰੇ। ਉਨ੍ਹਾਂ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਬਾਣੀ ਅਤੇ ਗੁਰਮਤਿ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਕਰਵਾ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਗੁਰਬਾਣੀ ਮਨੁੱਖਤਾ ਨੂੰ ਜੀਵਨ ਦਾ ਸਹੀ ਮਾਰਗ ਦਰਸਾਉਂਦੀ ਹੈ। ਉਨ੍ਹਾਂ ਸੰਗਤ ਨੂੰ ਨਿਤਨੇਮ ਨਾਲ ਜੁੜਨ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ।

ਨਗਰ ਕੀਰਤਨ ਦੌਰਾਨ ਸਿੱਖ ਨੌਜਵਾਨਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਵੱਖ-ਵੱਖ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤ ਵੱਲੋਂ ਥਾਂ-ਥਾਂ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਅਤੇ ਗੁਰੂ ਜਸ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ, ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸ਼ਰਧਾਲੂਆਂ ਨੇ ਹਾਜ਼ਰੀ ਭਰੀ।

Leave a Reply

Your email address will not be published. Required fields are marked *