September 8, 2026
IMG 20260728 WA0010

ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਮਾਮਲਾ:

ਚੰਡੀਗੜ੍ਹ,28 ਜੁਲਾਈ– ਪੰਜਾਬ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐੱਸਸੀ) ਦਾ ਰੁਖ ਕੀਤਾ ਹੈ। ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ ਅਤੇ ਧਰਮਵੀਰ ਗਾਂਧੀ ਨੇ ਮੰਗਲਵਾਰ ਨੂੰ ਕਮਿਸ਼ਨ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਸਬੰਧੀ ਸ਼ਿਕਾਇਤ ਸੌਂਪੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਵਾਇਆ, ਜਿਸ ਕਾਰਨ ਕਈ ਕਰਮਚਾਰੀ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਪੱਧਰ ਦੇ ਸਫਾਈ ਕਰਮਚਾਰੀ ਸ਼ਾਮਲ ਹਨ। ਸੰਸਦ ਮੈਂਬਰਾਂ ਦਾ ਕਹਿਣਾ ਸੀ ਕਿ ਜ਼ਿਆਦਾਤਰ ਸਫਾਈ ਕਰਮਚਾਰੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ, ਇਸ ਲਈ ਇਹ ਮਾਮਲਾ ਸਿਰਫ਼ ਕਾਨੂੰਨ-ਵਿਵਸਥਾ ਦਾ ਨਹੀਂ, ਸਗੋਂ ਸਮਾਜਿਕ ਨਿਆਂ ਅਤੇ ਦਲਿਤ ਅਧਿਕਾਰਾਂ ਨਾਲ ਵੀ ਜੁੜਿਆ ਹੋਇਆ ਹੈ।

ਸੰਸਦ ਮੈਂਬਰਾਂ ਦੇ ਵਫ਼ਦ ਨੇ ਕਮਿਸ਼ਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪੀੜਤ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਕਾਂਗਰਸੀ ਸੰਸਦ ਮੈਂਬਰਾਂ ਨੇ ਕਿਹਾ ਕਿ ਜੇਕਰ ਪੀੜਤਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਪਾਰਟੀ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਲੈ ਕੇ ਜਾਵੇਗੀ।

ਕਾਂਗਰਸੀ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਲੋਕਤੰਤਰ ਵਿੱਚ ਸ਼ਾਂਤੀਪੂਰਵਕ ਵਿਰੋਧ ਪ੍ਰਗਟ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਪੂਰੇ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਦਖ਼ਲ ਦੇਵੇ।

Leave a Reply

Your email address will not be published. Required fields are marked *