ਬਟਾਲਾ: ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਦੇ ਮੰਤਵ ਨਾਲ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਏ ਗਏ ਇਸ ਅਭਿਆਨ ਦੌਰਾਨ ਰੇਲਵੇ ਸਟੇਸ਼ਨ, ਬੱਸ ਸਟੈਂਡ, ਮੁੱਖ ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਪੁਲਿਸ ਟੀਮਾਂ ਨੇ ਸਖ਼ਤ ਜਾਂਚ ਕੀਤੀ।
ਅਭਿਆਨ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਵੇਟਿੰਗ ਹਾਲ, ਪਾਰਕਿੰਗ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਰਾਤ ਸਮੇਂ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਵੀ ਜਾਂਚ ਕੀਤੀ ਗਈ। ਜਨਤਕ ਥਾਵਾਂ ‘ਤੇ ਖੜ੍ਹੇ ਵਾਹਨਾਂ ਦੀ ਵੀ ਤਲਾਸ਼ੀ ਲਈ ਗਈ ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਰਚ ਅਭਿਆਨ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

ਡੀਐੱਸਪੀ ਸਕਿਉਰਿਟੀ ਕਸਤੂਰੀ ਲਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਅਤੇ ਭਾਈਚਾਰਾ ਕਾਇਮ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਸਰਚ ਅਭਿਆਨ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਪੁਲਿਸ ਦੀ ਇਸ ਕਾਰਵਾਈ ਨਾਲ ਸ਼ਹਿਰ ਦੇ ਮੁੱਖ ਜਨਤਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਨਜ਼ਰ ਆਏ ਅਤੇ ਆਮ ਲੋਕਾਂ ਨੇ ਵੀ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
