—ਰਾਹੁਲ ਮਲਿਕ ਤੇ ਸਾਥੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ‘ਤੇ ਬੈਠੇ, ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ
ਅੰਮ੍ਰਿਤਸਰ: ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਸੋਮਵਾਰ ਨੂੰ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵਾਲਮੀਕੀ ਸਮਾਜ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਰਾਹੁਲ ਮਲਿਕ, ਸਿਮਰਨ ਅਤੇ ਹੋਰ ਸਮਾਜਿਕ ਆਗੂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਏ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਬਰਨਾਲਾ ਵਿੱਚ ਆਪਣੇ ਸੰਵਿਧਾਨਕ ਹੱਕਾਂ ਦੀ ਮੰਗ ਕਰ ਰਹੇ ਸਫਾਈ ਕਰਮਚਾਰੀਆਂ, ਖ਼ਾਸ ਕਰਕੇ ਮਹਿਲਾ ਕਰਮਚਾਰੀਆਂ, ‘ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਪੂਰੇ ਵਾਲਮੀਕੀ ਸਮਾਜ ਵਿੱਚ ਭਾਰੀ ਰੋਸ ਹੈ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨਾਲ ਗੱਲਬਾਤ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਸਮਾਜ ਦਾ ਵੱਡਾ ਹਿੱਸਾ ਇਨਸਾਫ਼ ਦੀ ਮੰਗ ਲਈ ਸੜਕਾਂ ‘ਤੇ ਉਤਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭੁੱਖ ਹੜਤਾਲ ਸਮਾਜ ਦੇ ਦਰਦ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦਾ ਪ੍ਰਤੀਕ ਹੈ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਰਨਾਲਾ ਘਟਨਾ ਵਿੱਚ ਸ਼ਾਮਲ ਡੀਐਸਪੀ, ਐਸਐਚਓ ਅਤੇ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਜ਼ਖ਼ਮੀਆਂ ਨੂੰ ਇਨਸਾਫ਼ ਦੇਣ ਦੀ ਮੰਗ ਵੀ ਦੁਹਰਾਈ ਗਈ।
ਸਮਾਜਿਕ ਆਗੂ ਸੁਮਿਤ ਕਾਲੀ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਅਤੇ ਸਰਕਾਰੀ ਪ੍ਰਬੰਧ ਦਾ ਅਹਿਮ ਹਿੱਸਾ ਹਨ, ਪਰ ਉਨ੍ਹਾਂ ਨਾਲ ਕੀਤਾ ਗਿਆ ਸਲੂਕ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜ਼ਿੰਮੇਵਾਰੀ ਸਿਰਫ਼ ਪੁਲਿਸ ਨਹੀਂ, ਸਗੋਂ ਸਰਕਾਰ ਦੀ ਵੀ ਬਣਦੀ ਹੈ।
ਧੂਣਾ ਸਾਹਿਬ ਟਰੱਸਟ ਨਾਲ ਜੁੜੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਹੈ, ਪਰ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਹ ਅੰਦੋਲਨ ਪੰਜਾਬ ਭਰ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਕਰਨਾ ਚਾਹੁੰਦੇ, ਪਰ ਇਨਸਾਫ਼ ਮਿਲਣ ਤੱਕ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਰਾਹੁਲ ਮਲਿਕ ਨੇ ਕਿਹਾ ਕਿ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਕਥਿਤ ਜ਼ੁਲਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਸਾਰੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਵਾਲਮੀਕੀ ਸਮਾਜ ਪੰਜਾਬ ਪੱਧਰ ‘ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
