: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ
ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਕੀਤਾ ਫੈਸਲਾ
ਕਪੂਰਥਲਾ 28 ਜੁਲਾਈ(ਬਿਊਰੋ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫੈਸਲਾ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਉਨ੍ਹਾਂ ਨਾਲ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਤੁਰੰਤ ਹਟਾਉਣ ਦੀ ਅਪੀਲ ਕੀਤੀ ਹੈ। ਜਿੱਥੇ ਆਮ ਤੌਰ ‘ਤੇ ਸਿਆਸੀ ਆਗੂ ਵਾਧੂ ਸੁਰੱਖਿਆ ਦੀ ਮੰਗ ਕਰਦੇ ਹਨ, ਉੱਥੇ ਸੀਚੇਵਾਲ ਨੇ ਖੁਦ ਹੀ ਆਪਣੀ ਸੁਰੱਖਿਆ ਛੱਡਣ ਦਾ ਫੈਸਲਾ ਲਿਆ ਹੈ।
ਆਪਣੇ ਪੱਤਰ ਵਿੱਚ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨਿੱਜੀ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਸੁਰੱਖਿਆ ਦੀ ਵੱਧ ਲੋੜ ਹੈ, ਇਸ ਲਈ ਉਨ੍ਹਾਂ ਨਾਲ ਤਾਇਨਾਤ ਛੇ ਸੁਰੱਖਿਆ ਕਰਮਚਾਰੀਆਂ ਵਿੱਚੋਂ ਤਿੰਨ ਨੂੰ ਲੋਹੀਆਂ ਖਾਸ ਥਾਣੇ ਅਤੇ ਤਿੰਨ ਨੂੰ ਸੁਲਤਾਨਪੁਰ ਲੋਧੀ ਥਾਣੇ ਵਿੱਚ ਤਾਇਨਾਤ ਕੀਤਾ ਜਾਵੇ, ਤਾਂ ਜੋ ਉਹ ਆਮ ਲੋਕਾਂ ਦੀ ਸੁਰੱਖਿਆ ਲਈ ਵਧੇਰੇ ਲਾਭਦਾਇਕ ਸਾਬਤ ਹੋ ਸਕਣ।
ਉਨ੍ਹਾਂ ਨੇ ਪੱਤਰ ਵਿੱਚ ਜਲੰਧਰ ਦੇ ਲੋਹੀਆਂ ਖੇਤਰ ਅਤੇ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਬੇਈਂ ਦੇ ਕਿਨਾਰਿਆਂ ‘ਤੇ ਵੱਧ ਰਹੀਆਂ ਲੁੱਟ-ਖੋਹ, ਚੋਰੀਆਂ ਅਤੇ ਨਸ਼ਿਆਂ ਨਾਲ ਜੁੜੀਆਂ ਅਪਰਾਧਿਕ ਘਟਨਾਵਾਂ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮਲਸੀਆਂ ਪੁਲਿਸ ਚੌਕੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਘਾਟ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਸੰਤ ਸੀਚੇਵਾਲ ਨੇ ਉਦਾਹਰਨ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਸੀਚੇਵਾਲ ਵਿੱਚ ਇੱਕ ਹੀ ਰਾਤ ਦੌਰਾਨ ਚੋਰੀ ਦੀਆਂ ਅੱਠ ਵਾਰਦਾਤਾਂ ਹੋਈਆਂ, ਜਦਕਿ ਬਿਜਲੀ ਦੀਆਂ ਤਾਰਾਂ ਦੀ ਚੋਰੀ ਆਮ ਗੱਲ ਬਣ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਵਿੱਤਰ ਕਾਲੀ ਬੇਈਂ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਵੀ ਵਧ ਰਹੇ ਅਪਰਾਧਾਂ ਕਾਰਨ ਡਰ ਅਤੇ ਅਸੁਰੱਖਿਆ ਦਾ ਮਾਹੌਲ ਮਹਿਸੂਸ ਕਰ ਰਹੀ ਹੈ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਨਿੱਜੀ ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਜ਼ਿਆਦਾ ਮਹੱਤਵਪੂਰਨ ਹੈ ਅਤੇ ਪੁਲਿਸ ਬਲ ਨੂੰ ਜਨਤਾ ਦੀ ਸੁਰੱਖਿਆ ਲਈ ਵਰਤਿਆ ਜਾਣਾ ਚਾਹੀਦਾ ਹੈ।