September 8, 2026
Nagar nigam batala

—- ਪੁਲਿਸ ਨੇ ਖਾਲੀ ਕਰਵਾ ਕੇ ਲਈ ਤਲਾਸ਼ੀ

ਗੁਰਦਾਸਪੁਰ/ਬਟਾਲਾ: ਗੁਰਦਾਸਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਡੀਸੀ ਕੰਪਲੈਕਸ ਅਤੇ ਬਟਾਲਾ ਨਗਰ ਨਿਗਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਦੋਵਾਂ ਥਾਵਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਖਾਲੀ ਕਰਵਾ ਕੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਹਾਲਾਂਕਿ, ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ।

WhatsApp Image 2026 08 12 at 16.59.54

ਗੁਰਦਾਸਪੁਰ ਵਿੱਚ ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਡੀਸੀ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ। ਪੁਲਿਸ ਟੀਮਾਂ ਨੇ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਸਬੰਧੀ ਡੀਐਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਡੀਸੀ ਕੰਪਲੈਕਸ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਕੰਪਲੈਕਸ ਨੂੰ ਖਾਲੀ ਕਰਵਾ ਕੇ ਸਰਚ ਆਪਰੇਸ਼ਨ ਚਲਾਇਆ ਗਿਆ। ਤਲਾਸ਼ੀ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਫਿਲਹਾਲ ਕੰਪਲੈਕਸ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਘਬਰਾਉਣ ਜਾਂ ਡਰਨ ਦੀ ਲੋੜ ਨਹੀਂ ਹੈ।

ਇਸੇ ਦੌਰਾਨ ਬਟਾਲਾ ਨਗਰ ਨਿਗਮ ਦਫ਼ਤਰ ਵਿੱਚ ਵੀ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਡੀਸੀ ਗੁਰਦਾਸਪੁਰ ਨਾਲ ਅਧਿਕਾਰੀਆਂ ਅਤੇ ਵਿਧਾਇਕ ਦੀ ਵਿਕਾਸ ਕਾਰਜਾਂ ਸਬੰਧੀ ਚੱਲ ਰਹੀ ਮੀਟਿੰਗ ਦੌਰਾਨ ਡੀਸੀ ਨੂੰ ਧਮਕੀ ਭਰੀ ਈਮੇਲ ਮਿਲੀ। ਧਮਕੀ ਦੀ ਜਾਣਕਾਰੀ ਮਿਲਦੇ ਹੀ ਮੀਟਿੰਗ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਨਗਰ ਨਿਗਮ ਦਫ਼ਤਰ ਨੂੰ ਖਾਲੀ ਕਰਵਾ ਦਿੱਤਾ ਗਿਆ।

ਸੂਚਨਾ ਮਿਲਦੇ ਹੀ ਬਟਾਲਾ ਸਿਟੀ ਪੁਲਿਸ ਦੀ ਟੀਮ ਨਗਰ ਨਿਗਮ ਦਫ਼ਤਰ ਪਹੁੰਚੀ। ਪੁਲਿਸ ਦੇ ਨਾਲ ਡਾਗ ਸਕੁਆਡ ਨੇ ਵੀ ਪੂਰੇ ਨਗਰ ਨਿਗਮ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ। ਦਫ਼ਤਰ ਦੇ ਕਮਰਿਆਂ, ਮੀਟਿੰਗ ਹਾਲ ਅਤੇ ਆਸ-ਪਾਸ ਦੇ ਇਲਾਕੇ ਨੂੰ ਵੀ ਖੰਗਾਲਿਆ ਗਿਆ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

ਡੀਐਸਪੀ ਸਿਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਧਮਕੀ ਭਰੀ ਈਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਫਿਲਹਾਲ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਅਲਰਟ ਰੱਖਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਘਬਰਾਉਣ ਦੀ ਲੋੜ ਨਹੀਂ ਹੈ।

Leave a Reply

Your email address will not be published. Required fields are marked *