ਬਾਲ ਸੁਰੱਖਿਆ ਵਿਭਾਗ ਨੇ ਕਾਰਵਾਈ ਦਾ ਦਿੱਤਾ ਭਰੋਸਾ
ਗੁਰਦਾਸਪੁਰ, 29 ਅਗਸਤ- ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਛੋਟੇ ਬੱਚਿਆਂ ਕੋਲੋਂ ਭੀਖ ਮੰਗਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਿਛਲੇ ਦੋ ਦਿਨਾਂ ਤੋਂ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁਝ ਔਰਤਾਂ ਛੋਟੇ ਬੱਚਿਆਂ ਨੂੰ ਕੁੱਛੜ ਚੁੱਕ ਕੇ ਭੀਖ ਮੰਗਦੀਆਂ ਨਜ਼ਰ ਆ ਰਹੀਆਂ ਹਨ, ਜਦਕਿ ਕੁਝ ਬੱਚੇ ਖ਼ੁਦ ਵੀ ਸੜਕਾਂ ‘ਤੇ ਲੋਕਾਂ ਤੋਂ ਪੈਸੇ ਮੰਗਦੇ ਦਿਖਾਈ ਦੇ ਰਹੇ ਹਨ।

ਦੱਸਿਆ ਜਾਂਦਾ ਹੈ ਕਿ ਸ਼ਹਿਰ ਵਿਚ ਕੁਝ ਲੋਕਾਂ ਵਲੋਂ ਬੱਚਿਆਂ ਨੂੰ ਸਵੇਰੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚ ਛੱਡ ਦਿੱਤਾ ਜਾਂਦਾ ਹੈ ਅਤੇ ਸ਼ਾਮ ਸਮੇਂ ਮੁੜ ਆਪਣੇ ਨਾਲ ਲੈ ਜਾਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਜਦੋਂ ਚਾਇਲਡ ਪ੍ਰੋਟੈਕਸ਼ਨ ਅਫ਼ਸਰ ਸੁਨੀਲ ਜੋਸ਼ੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੱਚਿਆਂ ਕੋਲੋਂ ਭੀਖ ਮੰਗਵਾਉਣਾ ਜਾਂ ਬੱਚਿਆਂ ਨੂੰ ਨਾਲ ਲੈ ਕੇ ਭੀਖ ਮੰਗਣਾ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਅਜਿਹੇ ਮਾਮਲਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਵੀ ਕਈ ਬੱਚਿਆਂ ਨੂੰ ਬਾਲ ਭਲਾਈ ਕੌਂਸਲ ਦੇ ਸਪੁਰਦ ਕੀਤਾ ਗਿਆ ਹੈ ਅਤੇ ਕੌਂਸਲ ਵਲੋਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਕ ਇਲਾਕੇ ਵਿਚ ਕਾਰਵਾਈ ਹੋਣ ਤੋਂ ਬਾਅਦ ਇਹ ਲੋਕ ਆਪਣਾ ਟਿਕਾਣਾ ਬਦਲ ਲੈਂਦੇ ਹਨ, ਜਿਸ ਕਾਰਨ ਇਸ ਸਮੱਸਿਆ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਮੁਸ਼ਕਿਲ ਹੋ ਜਾਂਦਾ ਹੈ।
ਸੁਨੀਲ ਜੋਸ਼ੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਸਬੰਧੀ ਵੀ ਵਿਭਾਗ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।