ਅੰਮ੍ਰਿਤਸਰ, 31 ਜੁਲਾਈ-ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨੀ ਆਈਐੱਸਆਈ ਹੈਂਡਲਰ ਦੇ ਇਸ਼ਾਰੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਮੋਟਰਸਾਈਕਲ, ਇੱਕ ਪਿਸਤੌਲ ਅਤੇ ਹੋਰ ਅਹਿਮ ਸਬੂਤ ਵੀ ਬਰਾਮਦ ਕੀਤੇ ਹਨ।
ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ 20 ਅਤੇ 21 ਜੁਲਾਈ ਦੀ ਦਰਮਿਆਨੀ ਰਾਤ ਕਰੀਬ 1.30 ਵਜੇ ਪੁਲਿਸ ਚੌਕੀ ਚਮਿਆਰੀ ਦੇ ਗੇਟ ਨੇੜੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਪੈਟਰੋਲ ਬੰਬ ਸੁੱਟਿਆ ਗਿਆ ਸੀ। ਇਸ ਸਬੰਧੀ ਥਾਣਾ ਅਜਨਾਲਾ ਵਿੱਚ ਮਾਮਲਾ ਦਰਜ ਕਰਕੇ ਸੀਆਈਏ ਅਤੇ ਹੋਰ ਟੀਮਾਂ ਵੱਲੋਂ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ 30 ਜੁਲਾਈ ਨੂੰ ਮਨਦੀਪ ਸਿੰਘ, ਪਰਦੀਪ ਸਿੰਘ, ਕਰਨਵੀਰ ਸਿੰਘ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁੱਖ ਮੁਲਜ਼ਮ ਮਨਦੀਪ ਸਿੰਘ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਆਈਐੱਸਆਈ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ। ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਪੁਲਿਸ ਚੌਕੀ ‘ਤੇ ਪੈਟਰੋਲ ਬੰਬ ਹਮਲਾ ਕੀਤਾ ਅਤੇ ਬਾਅਦ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਤਿਆਰ ਕੀਤੀ।
ਐੱਸਐੱਸਪੀ ਅਨੁਸਾਰ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਪੁਲਿਸ ਮੁਲਾਜ਼ਮ ਦੀ ਹੱਤਿਆ ਦੇ ਬਦਲੇ ਮੁਲਜ਼ਮਾਂ ਨੂੰ 15 ਹਜ਼ਾਰ ਰੁਪਏ ਐਡਵਾਂਸ ਅਤੇ 50 ਹਜ਼ਾਰ ਰੁਪਏ ਦੇਣ ਦੀ ਗੱਲ ਤੈਅ ਹੋਈ ਸੀ। ਹਮਲੇ ਤੋਂ ਪਹਿਲਾਂ ਮੁਲਜ਼ਮਾਂ ਨੇ ਪੁਲਿਸ ਕਰਮਚਾਰੀਆਂ ਦੀ ਰੇਕੀ ਵੀ ਕੀਤੀ ਸੀ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਦੋ ਮੋਟਰਸਾਈਕਲ, ਇੱਕ ਪਿਸਤੌਲ ਅਤੇ ਹੋਰ ਅਹਿਮ ਸਬੂਤ ਬਰਾਮਦ ਕੀਤੇ ਗਏ ਹਨ। ਜਾਂਚ ਏਜੰਸੀਆਂ ਇਸ ਗੱਲ ਦੀ ਵੀ ਪੜਤਾਲ ਕਰ ਰਹੀਆਂ ਹਨ ਕਿ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ ਅਤੇ ਵਿਦੇਸ਼ੀ ਨੈੱਟਵਰਕ ਨਾਲ ਇਸ ਦੇ ਹੋਰ ਕੀ ਸਬੰਧ ਹਨ।
ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੀ ਹਰ ਕੋਸ਼ਿਸ਼ ਨੂੰ ਨਾਕਾਮ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ, ਅੱਤਵਾਦੀ ਤੱਤਾਂ ਅਤੇ ਵਿਦੇਸ਼ੀ ਹੈਂਡਲਰਾਂ ਦੇ ਗਠਜੋੜ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ।