September 8, 2026
IMG 20260803 WA0053

ਬਟਾਲਾ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ: ਦੋ ਨਾਬਾਲਿਗ ਕਾਬੂ, ਪੈਸਿਆਂ ਦੇ ਲਾਲਚ ‘ਚ ਕੀਤਾ ਸੀ ਹਮਲਾ ‘ਆਪ੍ਰੇਸ਼ਨ ਪਰਹਾਰ’

‘ਆਪ੍ਰੇਸ਼ਨ ਪਰਹਾਰ’ ਤਹਿਤ 102 ਭਗੌੜੇ ਮੁਲਜ਼ਮ ਗ੍ਰਿਫ਼ਤਾਰ, ਦੋ ਗਲੌਕ ਪਿਸਤੌਲ ਵੀ ਬਰਾਮਦ

ਬਟਾਲਾ, 3 ਅਗਸਤ। ਬਟਾਲਾ ਦੇ ਅਰਬਨ ਅਸਟੇਟ ਪੁਲਿਸ ਚੌਂਕੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਬਾਰਡਰ ਰੇਂਜ ਦੇ ਡੀਆਈਜੀ ਹਰਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਇਸ ਸਨਸਨੀਖੇਜ਼ ਵਾਰਦਾਤ ਵਿੱਚ ਸ਼ਾਮਲ ਦੋ ਨਾਬਾਲਿਗ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇੱਕ ਹੋਰ ਮੁਲਜ਼ਮ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਡੀਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਕੁਝ ਪੈਸਿਆਂ ਦੇ ਲਾਲਚ ਵਿੱਚ ਆ ਕੇ ਚੌਂਕੀ ‘ਤੇ ਗ੍ਰਨੇਡ ਹਮਲੇ ਨੂੰ ਅੰਜਾਮ ਦਿੱਤਾ। ਗ੍ਰਿਫ਼ਤਾਰ ਕੀਤੇ ਗਏ ਨਾਬਾਲਿਗਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਸ ਵਾਰਦਾਤ ਦੇ ਪਿੱਛੇ ਕਿਸੇ ਵੱਡੇ ਅੱਤਵਾਦੀ ਜਾਂ ਅਪਰਾਧਿਕ ਨੈੱਟਵਰਕ ਅਤੇ ਵਿਦੇਸ਼ੀ ਹੈਂਡਲਰ ਦੀ ਕੋਈ ਭੂਮਿਕਾ ਤਾਂ ਨਹੀਂ ਸੀ।

ਡੀਆਈਜੀ ਹਰਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰ ‘ਤੇ ਚਲਾਏ ਗਏ ‘ਆਪ੍ਰੇਸ਼ਨ ਪਰਹਾਰ’ ਤਹਿਤ ਵੀ ਵੱਡੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ 20 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਦੋ ਗਲੌਕ ਪਿਸਤੌਲ ਬਰਾਮਦ ਕੀਤੇ ਗਏ, ਜਦਕਿ 102 ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਅਪਰਾਧੀਆਂ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਗ੍ਰਨੇਡ ਹਮਲੇ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *